ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਫੈਸਲਾ ਕਰਦਿਆਂ

ਅੰਮ੍ਰਿਤਸਰ, 20 ਸਤੰਬਰ: ਇੱਕ ਬੀਬੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਵਿੱਚੋਂ ਛੇਕ ਦਿੱਤਾ ਗਿਆ ਹੈ। ਇਹ ਫ਼ੈਸਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਗਿਆ।

ਫ਼ੈਸਲਾ ਸੁਣਾਉਂਦਿਆਂ ਜਥੇਦਾਰ ਨੇ ਕਿਹਾ ਕਿ ਉਕਤ ਵਿਅਕਤੀਆਂ ਵੱਲੋਂ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਣ ਦੇ ਬਾਵਜੂਦ ਅਜਿਹੇ ਗੰਭੀਰ ਦੋਸ਼ਾਂ ਹੇਠ ਆਉਣਾ ਸਿੱਖ ਪੰਥ ਦੀਆਂ ਭਾਵਨਾਵਾਂ ਅਤੇ ਸੰਸਥਾਵਾਂ ਲਈ ਵੱਡੀ ਠੇਸ ਹੈ। ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਇਨ੍ਹਾਂ ਨਾਲ ਕੋਈ ਮੇਲ-ਮਿਲਾਪ ਨਾ ਰੱਖਿਆ ਜਾਵੇ ਅਤੇ ਇਨ੍ਹਾਂ ਦੇ ਸਿੱਖ ਸੰਸਥਾਵਾਂ ਵਿੱਚ ਕੰਮ ਕਰਨ ‘ਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ।

ਪਿਛੋਕੜ ਅਤੇ ਮਾਮਲਾ: ਜ਼ਿਕਰਯੋਗ ਹੈ ਕਿ ਦੁਬਈ ਤੋਂ ਆਈ ਇੱਕ ਬੀਬੀ ਵੱਲੋਂ ਅਮਰਜੀਤ ਸਿੰਘ ਚਾਵਲਾ ‘ਤੇ ਜਬਰ-ਜਨਾਹ ਵਰਗੇ ਗੰਭੀਰ ਦੋਸ਼ ਲਾਉਂਦਿਆਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਦਾ ਨਾਂ ਆਉਣ ਤੋਂ ਬਾਅਦ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੱਲੋਂ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਵਿਵਾਦਾਂ ਵਿੱਚ ਘਿਰਨ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਹ ਉਦੋਂ ਤੋਂ ਹੀ ਰੂਪੋਸ਼ ਹਨ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਹੋਈ ਉੱਚ ਪੱਧਰੀ ਇਕੱਤਰਤਾ ਵਿੱਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਅਤੇ ਸਿੰਘ ਸਾਹਿਬਾਨ ਮੌਜੂਦ ਸਨ।

Leave a Reply

Your email address will not be published. Required fields are marked *