ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਅਤੇ ਸਵਾਰੀ ਪੱਖੀ ਬਣਾਉਣਾ ਮੁੱਖ ਤਰਜੀਹ- ਜਸ਼ਨਪ੍ਰੀਤ ਕੌਰ ਗਿੱਲ ਪਟਿਆਲਾ, 11 ਨਵੰਬਰ: 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਅਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਅਤੇ ਸਵਾਰੀ ਪੱਖੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆ ਸਵਾਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ। ਨਵੇਂ ਐਮ ਡੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਬੇੜੇ ਵਿੱਚ ਹੋਰ ਨਵੀਆਂ ਬੱਸਾਂ ਸ਼ਾਮਲ ਕਰਨ ਲਈ ਯਤਨ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਰੂਟਾਂ ‘ਤੇ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਸਕੇ। ਸਵਾਰੀਆਂ ਦੀਆਂ ਲੋੜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ, ਪੀ.ਆਰ.ਟੀ.ਸੀ ਦੀ ਵਿੱਤੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਅਤੇ ਸੰਸਥਾ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਆਂ ਯੋਜਨਾਵਾਂ ਅਤੇ ਉਪਰਾਲੇ ਅਮਲ ਵਿੱਚ ਲਿਆਂਦੇ ਜਾਣਗੇ। Post navigation Punjab IAS Transfer List ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 29 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਵੇਦਾਂਤਾ ਪਾਵਰ ਭਾਈਚਾਰਕ ਪਹਿਲਕਦਮੀਆਂ ਤਹਿਤ ਸਿੱਖਿਆ ਅਤੇ ਨੌਜਵਾਨਾਂ ਦੇ ਵਿਕਾਸ ਨੂੰ ਕਰ ਰਿਹੈ ਉਤਸ਼ਾਹਿਤ