Amit ShahPhoto: Home Minister Amit Shah/X

ਨਵੀਂ ਦਿੱਲੀ, 22 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੀ ਸਰਕਾਰ ਬਣੇਗੀ। ਇਸ ਦੇ ਨਾਲ ਹੀ ਉਨ੍ਹਾਂ ਭਵਿੱਖਬਾਣੀ ਕੀਤੀ ਕਿ ਆਪਣੀ ਨਕਾਰਾਤਮਕ ਰਾਜਨੀਤੀ ਕਾਰਨ ਕਾਂਗਰਸ ਅਗਲੇ 30 ਸਾਲਾਂ ਤੱਕ ਦੇਸ਼ ਦੀ ਸੱਤਾ ਤੋਂ ਬਾਹਰ ਰਹੇਗੀ।

ਦਿੱਲੀ ਜਲ ਬੋਰਡ ਦੇ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਪੰਜਾਬ ਦਾ ਦੌਰਾ ਕਰਕੇ ਪਰਤੇ ਹਨ, ਜਿੱਥੇ ਆਮ ਆਦਮੀ ਪਾਰਟੀ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ ’ਤੇ ਚੱਲ ਰਿਹਾ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਾਗਰੂਕ ਵੋਟਰ ਆਉਂਦੀਆਂ ਚੋਣਾਂ ਵਿੱਚ ‘ਆਪ’ ਸਰਕਾਰ ਦੀਆਂ ਜੜ੍ਹਾਂ ਪੁੱਟ ਕੇ ਅਰਵਿੰਦ ਕੇਜਰੀਵਾਲ ਨੂੰ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਾਲ 2029 ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕਰ ਦੇਵੇਗੀ।

ਕੇਜਰੀਵਾਲ ਨੂੰ ਘੇਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਹੁਣ ਬਹਾਨਿਆਂ ਦੀ ਸਿਆਸਤ ਨਹੀਂ ਚੱਲੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਚੋਣ ਹਾਰਨ ਮਗਰੋਂ ਪੰਜਾਬ ਵਿੱਚ ਡੇਰਾ ਲਾ ਲਿਆ ਹੈ, ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਤੰਤਰ ਤੌਰ ’ਤੇ ਕੰਮ ਨਹੀਂ ਕਰਨ ਦੇ ਰਹੇ ਅਤੇ ਸੂਬੇ ਦੇ ਕੰਮਕਾਜ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕੌਮੀ ਰਾਜਧਾਨੀ ਵਿੱਚ ਕੂੜੇ ਦੇ ਢੇਰਾਂ ਅਤੇ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ’ਤੇ ਵੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ ਕੀਤੀ।

ਦੂਜੇ ਪਾਸੇ, ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦਿਆਂ ਸ਼ਾਹ ਨੇ ਕਿਹਾ ਕਿ ਚੋਣਾਂ ਵਿੱਚ ਹਾਰ ਦੇਖ ਕੇ ਕਾਂਗਰਸ ਚੋਣ ਕਮਿਸ਼ਨ ’ਤੇ “ਵੋਟ ਚੋਰੀ” ਦੇ ਬੇਬੁਨਿਆਦ ਦੋਸ਼ ਲਾ ਕੇ ਘੁਸਪੈਠੀਆਂ ਦੇ ਵੋਟ ਬੈਂਕ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਕਾਂਗਰਸ ਜਿੱਤਦੀ ਹੈ ਤਾਂ ਚੋਣ ਕਮਿਸ਼ਨ ਸਹੀ ਹੁੰਦਾ ਹੈ, ਪਰ ਹਾਰਨ ’ਤੇ ਸੰਵਿਧਾਨਕ ਸੰਸਥਾਵਾਂ ’ਤੇ ਠੀਕਰਾ ਭੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਵਿਰੋਧੀ ਸੋਚ ਕਾਰਨ ਕਾਂਗਰਸ 2030 ਤੱਕ ਵੀ ਸੱਤਾ ਵਿੱਚ ਵਾਪਸੀ ਨਹੀਂ ਕਰ ਸਕੇਗੀ।

Leave a Reply

Your email address will not be published. Required fields are marked *