ਚੰਡੀਗੜ੍ਹ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਇੱਕ ਵਾਰ ਫਿਰ ਟਲ ਗਿਆ ਹੈ। ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਵਿਖੇ ਮੌਜੂਦ ਪੀੜਤ ਪਰਿਵਾਰ ਅਤੇ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਲਈ ਹੋਰ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਸਮੀ ਕਾਰਵਾਈ ਅਜੇ ਨੇਪਰੇ ਨਹੀਂ ਚੜ੍ਹ ਸਕੀ। ਉਨ੍ਹਾਂ ਦੱਸਿਆ ਕਿ ਸਵੇਰੇ ਮਾਹਿਰ ਡਾਕਟਰਾਂ ਦੀ ਟੀਮ ਪਹਿਲਾਂ ਮ੍ਰਿਤਕ ਦੇਹ ਦੀ ਮੁੜ ਬਾਰੀਕੀ ਨਾਲ ਜਾਂਚ (ਮੈਡੀਕਲ ਚੈੱਕਅੱਪ) ਕਰੇਗੀ। ਇਸ ਮੁਢਲੀ ਜਾਂਚ ਉਪਰੰਤ ਹੀ ਡਾਕਟਰਾਂ ਵੱਲੋਂ ਪੋਸਟਮਾਰਟਮ ਸ਼ੁਰੂ ਕਰਨ ਬਾਰੇ ਸਥਿਤੀ ਸਪੱਸ਼ਟ ਕੀਤੀ ਜਾਵੇਗੀ। ਦੇਰੀ ਕਾਰਨ ਪਰਿਵਾਰ ਦੀ ਵਧੀ ਬੇਚੈਨੀਲੰਬੇ ਰੋਸ ਪ੍ਰਦਰਸ਼ਨ ਅਤੇ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਮਗਰੋਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਵਿਸ਼ੇਸ਼ ਤੌਰ ‘ਤੇ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪਰਿਵਾਰ ਆਪਣੇ ਪੁੱਤਰ ਦੇ ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਅਤੇ ਅੰਤਿਮ ਸਸਕਾਰ ਦੀ ਲਗਾਤਾਰ ਉਡੀਕ ਕਰ ਰਿਹਾ ਹੈ, ਪਰ ਕਾਰਵਾਈ ਵਿੱਚ ਲਗਾਤਾਰ ਹੋ ਰਹੀ ਦੇਰੀ ਨੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵਿੱਚ ਬੇਚੈਨੀ ਵਧਾ ਦਿੱਤੀ ਹੈ। ਪਰਿਵਾਰ ਤੇ ਮੋਰਚੇ ਦੇ ਆਗੂਆਂ ਨੂੰ ਉਮੀਦ ਹੈ ਕਿ ਡਾਕਟਰੀ ਟੀਮ ਵੱਲੋਂ ਜਾਂਚ ਮੁਕੰਮਲ ਹੁੰਦਿਆਂ ਹੀ ਪੋਸਟਮਾਰਟਮ ਕਰ ਦਿੱਤਾ ਜਾਵੇਗਾ ਤਾਂ ਜੋ ਅਗਲੇਰੀਆਂ ਅੰਤਿਮ ਰਸਮਾਂ ਨਿਭਾਈਆਂ ਜਾ ਸਕਣ। ਇਸ ਦੌਰਾਨ ਬੀਤੇ ਕੱਲ੍ਹ ਚੰਡੀਗੜ੍ਹ ਪੀਜੀਆਈ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਰਕਾਰ ਵੱਲੋਂ ਮੁਆਵਜ਼ਾ ਜਾਂ ਸਰਕਾਰੀ ਨੌਕਰੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਨਾ ਤਾਂ ਕਿਸੇ ਤਰ੍ਹਾਂ ਦਾ ਮੁਆਵਜ਼ਾ ਚਾਹੀਦਾ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਲਈ ਨੌਕਰੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਨਸ਼ੇ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ। Post navigation ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਭਗਵੰਤ ਮਾਨ ED Raid: ਮੋਗਾ ਤੋਂ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ‘ਤੇ ED ਦਾ ਸ਼ਿਕੰਜਾ