ਬਰਨਾਲਾ/ਧਨੌਲਾ, 9 ਸਤੰਬਰ ਪੀਏਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਪਿੰਡ ਕਾਲੇਕੇ ਵਿੱਚ ਪਰਾਲੀ ਪ੍ਰਬੰਧਨ ਬਾਰੇ ਕੈਂਪ ਲਾਇਆ ਗਿਆ।ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਪਿੰਡ ਕਾਲੇਕੇ ਵਿੱਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਹੀ ਸੁਚੱਜੀ ਸੰਭਾਲ ਲਈ ਹੈਪੀਸੀਡਰ, ਸੁਪਰ ਸੀਡਰ, ਪੀ ਏ ਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਿਧੀ ਰਾਹੀਂ ਕਣਕ ਦੀ ਬਿਜਾਈ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਹਾੜ੍ਹੀ ਵਿੱਚ ਬੀਜੀਆਂ ਜਾਣ ਵਾਲੀਆਂ ਕਣਕ ਅਤੇ ਰਾਇਆ ਦੀਆਂ ਨਵੀਆਂ ਸਿਫਾਰਿਸ਼ ਕਿਸਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਫ਼ਸਲੀ ਵਿਭਿੰਨਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਸਾਨਾਂ ਨੂੰ ਹਾੜ੍ਹੀ ਰੁੱਤੇ ਬੀਜੀਆਂ ਜਾਣ ਵਾਲੀਆਂ ਤੇਲਬੀਜ ਫ਼ਸਲਾਂ, ਦਾਲਾਂ ਅਤੇ ਸਬਜ਼ੀਆਂ ਬਾਰੇ ਜਾਣਕਾਰੀ ਦਿੱਤੀ। ਝੋਨੇ ਅਤੇ ਬਾਸਮਤੀ ਵਿੱਚ ਫੋਕ ਘਟਾਉਣ ਲਈ ਗੋਭ ਸਮੇਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ ਨੂੰ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦੇ ਛਿੜਕਾਅ ਬਾਰੇ ਸੁਝਾਅ ਦਿੱਤਾ। ਝੋਨੇ ਅਤੇ ਬਾਸਮਤੀ ਦੇ ਕੀੜਿਆਂ ਅਤੇ ਬਿਮਾਰੀਆਂ ਜਿਵੇਂ ਕਿ ਪੱਤਾ ਲਪੇਟ ਸੁੰਡੀ, ਸ਼ੀਥ ਬਲਾਈਟ ਅਤੇ ਬਲਾਸਟ ਦੇ ਪ੍ਰਬੰਧਨ ਲਈ ਨਵੀਆਂ ਸਿਫ਼ਾਰਸ਼ਾਂ ਬਾਰੇ ਸੁਝਾਅ ਦਿੱਤੇ ਗਏ । ਘਰੇਲੂ ਬਗੀਚੀ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀ ਦੀਆਂ ਕਿੱਟਾਂ ਉਪਲਬਧ ਕਰਵਾਈਆਂ ਗਈਆਂ। ਇਸ ਮੌਕੇ ਪੀ.ਏ.ਯੂ ਸਾਹਿਤ ਵੀ ਵੰਡਿਆ ਗਿਆ। ਕੈਂਪ ਦੌਰਾਨ ਉੱਠੇ ਕਈ ਸਵਾਲ, ਕਣਕ ਦੀਆਂ ਨਵੀਆਂ ਕਿਸਮਾਂ ਦੇ ਬੀਜ, ਜੈਵਿਕ ਮਾਦਾ ਵਧਾਉਣ ਦੇ ਤਰੀਕੇ ਆਦਿ ਦੇ ਪ੍ਰਭਾਵਸ਼ਾਲੀ ਢੰਗ ਨਾਲ ਉੱਤਰ ਦਿੱਤੇ ਗਏ। ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਹਾੜ੍ਹੀ ਰੁੱਤ ਲਈ ਲਗਾਏ ਜਾ ਰਹੇ ਕਿਸਾਨ ਮੇਲਿਆਂ ਦਾ ਪ੍ਰਚਾਰ ਵੀ ਕੀਤਾ। ਦਵਿੰਦਰ ਸਿੰਘ, ਖੇਤੀਬਾੜੀ ਸਬ-ਇੰਸਪੈਕਟਰ, ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਦੱਸਿਆ। ਜਸਵੀਰ ਕੌਰ, ਬੀ ਟੀ ਐੱਮ, ਬਰਨਾਲਾ ਨੇ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। Post navigation ‘APP’ ਦੀ ਕੌਮੀ ਕਾਰਜਕਾਰਨੀ ਨਹੀਂ, ਇਹ ਤਾਂ ‘ਮਨੀ ਲਾਂਡਰਿੰਗ ਕਮੇਟੀ’ ਹੈ: Sukhbir Badal ਦਾ ਤਿੱਖਾ ਹਮਲਾ Amritsar: ਏਸ਼ੀਅਨ ਬੋਲਿੰਗ ਚੈਂਪੀਅਨਸ਼ਿਪ 2026 ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਰਮੇਸ਼ ਦਾ ਸਨਮਾਨ