Rahul Gandhi/FB

ਚੰਡੀਗੜ੍ਹ:

ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਖੇਤਰ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ਿਆਂ ਸਬੰਧੀ ਸਵਾਲ ਕਰਨ ਵਾਲੇ 47 ਸਾਲਾ ਦਲਿਤ ਵਿਅਕਤੀ ਗੁਲਜ਼ਾਰ ਸਿੰਘ ਦੀ ਕਥਿਤ ਖ਼ੁਦਕੁਸ਼ੀ ਦੇ ਮਾਮਲੇ ਨੇ ਵੱਡਾ ਸਿਆਸੀ ਰੂਪ ਧਾਰਨ ਕਰ ਲਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਇਸ ਮਾਮਲੇ ਵਿੱਚ ਪੰਜਾਬ ਦੀ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਗਏ, ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰੜਾ ਜਵਾਬ ਦਿੱਤਾ ਹੈ।

ਰਾਹੁਲ ਗਾਂਧੀ ਦੇ ਇਲਜ਼ਾਮ: ‘ਸਵਾਲ ਪੁੱਛਣ ‘ਤੇ ਧਮਕੀਆਂ ਤੇ ਤਸ਼ੱਦਦ ਦਿੱਤਾ ਜਾਂਦਾ ਹੈ’

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਲਿਖਿਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਤਹਿਤ ਇੱਕ ਖ਼ਤਰਨਾਕ ਰੁਝਾਨ ਬਣ ਗਿਆ ਹੈ, ਜਿੱਥੇ ਸਰਕਾਰ ਦੀਆਂ ਨਾਕਾਮੀਆਂ ਬਾਰੇ ਸਵਾਲ ਕਰਨ ’ਤੇ ਜਵਾਬ ਧਮਕੀਆਂ ਅਤੇ ਤਸ਼ੱਦਦ ਦੇ ਰੂਪ ਵਿੱਚ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਆਪਣੇ ਪੁੱਤ ਨੂੰ ਨਸ਼ਿਆਂ ਦਾ ਸ਼ਿਕਾਰ ਹੁੰਦੇ ਦੇਖਣ ਵਾਲੇ ਗੁਲਜ਼ਾਰ ਸਿੰਘ ਨੇ 6 ਸਤੰਬਰ ਨੂੰ ਦਿੜ੍ਹਬਾ ਵਿਖੇ ਵਿੱਤ ਮੰਤਰੀ ਤੋਂ ਸਿਰਫ਼ ਇਹ ਪੁੱਛਿਆ ਸੀ ਕਿ ਸਰਕਾਰ ਨਸ਼ਿਆਂ ਨੂੰ ਰੋਕਣ ਵਿੱਚ ਅਸਫ਼ਲ ਕਿਉਂ ਰਹੀ ਹੈ। ਪਰ ਇਸ ਮਗਰੋਂ ਉਨ੍ਹਾਂ ਨੂੰ ਇੰਨਾ ਮਾਨਸਿਕ ਤੌਰ ’ਤੇ ਤੰਗ ਕੀਤਾ ਗਿਆ ਅਤੇ ਬੇਇੱਜ਼ਤ ਕਰ ਕੇ ਮੁਆਫ਼ੀ ਮੰਗਣ ਲਈ ਮਜਬੂਰ ਕੀਤਾ ਗਿਆ ਕਿ ਉਨ੍ਹਾਂ ਨੇ ਜ਼ਹਿਰ ਨਿਗਲ ਲਿਆ। ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਤੁਰੰਤ ਅਸਤੀਫ਼ਾ ਲਿਆ ਜਾਵੇ ਅਤੇ ਐੱਫ.ਆਈ.ਆਰ. ਵਿੱਚ ਉਨ੍ਹਾਂ ਦਾ ਨਾਮ ਦਰਜ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਦਾ ਪਲਟਵਾਰ: ‘ਪੰਜਾਬੀ ਅਜਿਹੀ ਸਿਆਸਤ ਪਸੰਦ ਨਹੀਂ ਕਰਦੇ’

ਰਾਹੁਲ ਗਾਂਧੀ ਦੇ ਬਿਆਨ ਦਾ ਤੁਰੰਤ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਰਾਹੁਲ ਗਾਂਧੀ ਜੀ, ਲਾਸ਼ਾਂ ਉੱਤੇ ਸਿਆਸਤ ਨਾ ਕਰੋ, ਪੰਜਾਬੀਆਂ ਨੂੰ ਇਸ ਕਿਸਮ ਦੀ ਸਿਆਸਤ ਬਿਲਕੁਲ ਪਸੰਦ ਨਹੀਂ ਹੈ।”

ਮੁੱਖ ਮੰਤਰੀ ਨੇ ਇੱਕ ਵੀਡੀਓ ਕਲਿੱਪ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਜਦੋਂ ਕਾਂਗਰਸੀ ਆਗੂ ਪੀੜਤ ਦੇ ਪਿੰਡ ਗਏ ਤਾਂ ਉੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਭਜਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਲਈ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੁਹਰਾਇਆ ਕਿ ਸੂਬੇ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *