ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਤਹਿਤ ‘ਆਪ’ ਦੇ ਤਿੰਨ ਵਿਧਾਇਕਾਂ ਦੀ ਤਿੱਕੜੀ ਨੇ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਪਾਰਟੀ ਛੱਡਣ ਵਾਲੇ ਇਨ੍ਹਾਂ ਆਗੂਆਂ ਵਿੱਚ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਸ਼ਾਮਲ ਹਨ।

ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੇ ਲੰਘੇ ਦਿਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਦੋਂ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਾਰਟੀ ਛੱਡਣ ਦੇ ਨਾਲ-ਨਾਲ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਦਿੱਲੀ ਵਿੱਚ ਭਾਜਪਾ ਦਫ਼ਤਰ ਵਿਖੇ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਨ੍ਹਾਂ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਸੂਤਰਾਂ ਅਨੁਸਾਰ ਇਨ੍ਹਾਂ ਆਗੂਆਂ ਨੇ ਬਿਨਾਂ ਕਿਸੇ ਸ਼ਰਤ ਦੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਹੈ। ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਮੌਕੇ ਭਗਵੇਂ ਰੰਗ ਦੀਆਂ ਪੱਗਾਂ ਬੰਨ੍ਹੀਆਂ ਹੋਈਆਂ ਸਨ। ਚੇਤਨ ਸਿੰਘ ਜੌੜਾਮਾਜਰਾ ‘ਆਪ’ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ ਹਨ ਅਤੇ ਹਲਕਾ ਸਮਾਣਾ ਵਿੱਚ ਪਾਰਟੀ ਨਾਲ ਨਾਰਾਜ਼ਗੀ ਚੱਲ ਰਹੀ ਸੀ। ਇਸੇ ਤਰ੍ਹਾਂ, ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਪਿਛਲੇ ਸਮੇਂ ਦੌਰਾਨ ਕਈ ਮੁੱਦਿਆਂ ‘ਤੇ ਸਰਕਾਰ ਦੇ ਤਿੱਖੇ ਆਲੋਚਕ ਰਹੇ ਸਨ। ਚੋਣਾਂ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਆਗੂਆਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਸੂਬੇ ਦੀ ਸਿਆਸਤ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ।

ਕੁੰਵਰ ਵਿਜੇ ਪ੍ਰਤਾਪ ਨੇ ਅੱਜ ਸਵੇਰੇ ਹੀ ਵਿਧਾਇਕੀ ਤੋਂ ਅਸਤੀਫ਼ਾ ਦਿੱਤਾ ਹੈ।

Leave a Reply

Your email address will not be published. Required fields are marked *