Gulab Sidhu

ਬਰਨਾਲਾ ਜ਼ਿਲ੍ਹੇ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਉੱਤੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਦੇਰ ਰਾਤ ਕਰੀਬ ਡੇਢ ਤੋਂ ਦੋ ਵਜੇ ਦੇ ਵਿਚਕਾਰ ਵਾਪਰੀ, ਜਿੱਥੇ ਬਦਮਾਸ਼ਾਂ ਵੱਲੋਂ ਗਾਇਕ ਦੇ ਘਰ ਦੇ ਮੁੱਖ ਗੇਟ ’ਤੇ 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਖ਼ੁਸ਼ਕਿਸਮਤੀ ਨਾਲ ਇਸ ਵਾਰਦਾਤ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਕਿਉਂਕਿ ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਆਪਣੇ ਕੰਮ ਦੇ ਸਿਲਸਿਲੇ ਵਿੱਚ ਵਿਦੇਸ਼ ਗਏ ਹੋਏ ਸਨ ਅਤੇ ਪਰਿਵਾਰ ਵੀ ਸੁਰੱਖਿਅਤ ਹੈ।

ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਲਾਬ ਸਿੱਧੂ ਨੂੰ ਪਹਿਲਾਂ ਵੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਕਾਲਾਂ ਆ ਚੁੱਕੀਆਂ ਹਨ। ਇਸੇ ਪੁਰਾਣੀ ਰੰਜਿਸ਼ ਅਤੇ ਗੈਂਗਸਟਰ ਐਂਗਲ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਕੈਮਰੇ ਵਿੱਚ ਹਮਲਾਵਰਾਂ ਦੀ ਹਰਕਤ ਸਾਫ਼ ਕੈਦ ਹੋ ਗਈ ਹੈ, ਜਿਸ ਦੇ ਆਧਾਰ ਉੱਤੇ ਪੁਲਿਸ ਦੋਸ਼ੀਆਂ ਦੀ ਭਾਲ ਵਿੱਚ ਜੁਟ ਗਈ ਹੈ। ਦੂਜੇ ਪਾਸੇ, ਪਿੰਡ ਦੇ ਸਰਪੰਚ ਅਤੇ ਹੋਰ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

Leave a Reply

Your email address will not be published. Required fields are marked *