ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਆਂਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਵਿੱਚ ਸਵਾਗਤ ਕਰਦਿਆਂ ਬੇਹੱਦ ਖ਼ੁਸ਼ੀ ਹੋ ਰਹੀ ਹੈ। ਜਲਾਲਾਬਾਦ ਹਲਕੇ ਦੇ ਲੋਕਾਂ ਨੇ ਮੈਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ ਅਤੇ ਇਹ ਉਹ ਹਲਕਾ ਹੈ ਜਿਸ ਨੇ ਅਕਾਲੀ ਸਰਕਾਰਾਂ ਦੌਰਾਨ ਬੇਮਿਸਾਲ ਅਤੇ ਕ੍ਰਾਂਤੀਕਾਰੀ ਵਿਕਾਸ ਦੇਖਿਆ ਹੈ।” ਸੁਖਬੀਰ ਬਾਦਲ ਨੇ ਭਰੋਸਾ ਪ੍ਰਗਟਾਇਆ ਕਿ ਆਂਵਲਾ ਦੇ ਆਉਣ ਨਾਲ ਨਾ ਸਿਰਫ਼ ਜਲਾਲਾਬਾਦ ਹਲਕੇ ਵਿੱਚ ਸਗੋਂ ਸਮੁੱਚੀ ਸਰਹੱਦੀ ਪੱਟੀ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲੇਗਾ ਅਤੇ ਉਹ 2027 ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।ਜ਼ਿਕਰਯੋਗ ਹੈ ਕਿ ਰਮਿੰਦਰ ਸਿੰਘ ਆਂਵਲਾ ਨੇ ਅਕਤੂਬਰ 2019 ਦੀ ਜ਼ਿਮਨੀ ਚੋਣ ਦੌਰਾਨ ਬਾਦਲਾਂ ਦੇ ਸਿਆਸੀ ਗੜ੍ਹ ਵਜੋਂ ਜਾਣੇ ਜਾਂਦੇ ਜਲਾਲਾਬਾਦ ਤੋਂ ਕਾਂਗਰਸ ਦੀ ਟਿਕਟ ‘ਤੇ ਜਿੱਤ ਹਾਸਲ ਕੀਤੀ ਸੀ। ਇਹ ਸੀਟ ਸੁਖਬੀਰ ਬਾਦਲ ਦੇ ਸੰਸਦ ਮੈਂਬਰ ਚੁਣੇ ਜਾਣ ਮਗਰੋਂ ਖ਼ਾਲੀ ਹੋਈ ਸੀ। ਹੁਣ 2027 ਦੀਆਂ ਆਮ ਚੋਣਾਂ ਤੋਂ ਪਹਿਲਾਂ ਆਂਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਸਿਆਸੀ ਸਮੀਕਰਨਾਂ ਵਿੱਚ ਵੱਡਾ ਫੇਰਬਦਲ ਹੋਣਾ ਤੈਅ ਮੰਨਿਆ ਜਾ ਰਿਹਾ ਹੈ। Post navigation ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ: ਸੋਨਾ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ ’ਤੇ, ਚਾਂਦੀ ਵੀ ਮੂਧੇ ਮੂੰਹ ਡਿੱਗੀ