Photo : Sukhbir Badal/X

ਚੰਡੀਗੜ੍ਹ, 14 ਨਵੰਬਰ

ਤਰਨਤਾਰਨ ਵਿੱਚ ਕੌਮੀ ਸ਼ਾਹਰਾਹ-54 (NH-54) ‘ਤੇ ਸ਼ਨਿੱਚਰਵਾਰ ਸ਼ਾਮ ਨੂੰ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਤਿੰਨ ਸ਼ਰਧਾਲੂਆਂ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਦੋ ਤੀਰਥ ਯਾਤਰਾ ਬੱਸਾਂ ਨੌਸ਼ਹਿਰਾ ਪੰਨੂੰਆਂ ਨੇੜੇ ਕੌਮੀ ਸ਼ਾਹਰਾਹ ‘ਤੇ ਆਪਸ ਵਿੱਚ ਟਕਰਾ ਗਈਆਂ।

ਤਰਨਤਾਰਨ ਦੇ ਐੱਸ ਐੱਸ ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਘੱਟੋ-ਘੱਟ ਤਿੰਨ ਸ਼ਰਧਾਲੂਆਂ ਅਤੇ ਮੋਟਰਸਾਈਕਲ ‘ਤੇ ਪਿੱਛੇ ਬੈਠੇ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੱਸ ਸੜਕ ਦਾ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਜਾ ਟਕਰਾਈ। ਤਰਨਤਾਰਨ ਦੇ ਸਿਵਲ ਹਸਪਤਾਲ ਦੇ ਇੱਕ ਡਾਕਟਰ ਨੇ ਦੱਸਿਆ ਕਿ ਹਸਪਤਾਲ ਵਿੱਚ ਕੁੱਲ 22 ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ ਚਾਰ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਜਾਣਕਾਰੀ ਮੁਤਾਬਕ, ਇੱਕ ਬੱਸ ਫਰੀਦਕੋਟ ਤੋਂ ਅੰਮ੍ਰਿਤਸਰ ਜਾ ਰਹੀ ਸੀ ਜਦਕਿ ਦੂਜੀ ਬੱਸ ਅੰਮ੍ਰਿਤਸਰ ਤੋਂ ਮੁਕਤਸਰ ਵੱਲ ਜਾ ਰਹੀ ਸੀ। ਟੱਕਰ ਐਨੀਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ, ਜਿਸ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ ਅਤੇ ਕੁਝ ਅੰਦਰ ਹੀ ਫਸ ਗਏ।

ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰਦੇ ਹੋਏ ਨੁਕਸਾਨੀਆਂ ਗਈਆਂ ਬੱਸਾਂ ਵਿੱਚ ਫਸੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ।

ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ (X) ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਨੌਸ਼ਹਿਰਾ ਪੰਨੂੰਆਂ ਨੇੜੇ ਸ਼ਰਧਾਲੂਆਂ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ ਹੈ। ਉਨ੍ਹਾਂ ਲਿਖਿਆ, “ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਇਸ ਦਰਦਨਾਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ।”

ਮਾਨ ਨੇ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੇ ਹੋਏ ਹਨ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜ਼ਖ਼ਮੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਲਾਜ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ, ”ਇਸ ਦੁੱਖ ਦੀ ਘੜੀ ਵਿੱਚ ਮੈਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਲਈ ‘ਵਾਹਿਗੁਰੂ’ ਅੱਗੇ ਅਰਦਾਸ ਕਰਦਾ ਹਾਂ।”

ਦੋਵੇਂ ਬੱਸਾਂ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲਿਜਾ ਰਹੀਆਂ ਸਨ। ਜ਼ਿਕਰਯੋਗ ਹੈ ਕਿ ਇਸ ਯੋਜਨਾ ਤਹਿਤ 50 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਲੋਕ ਤੀਰਥ ਯਾਤਰਾ ਕਰਨ ਦੇ ਯੋਗ ਹੁੰਦੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਉਨ੍ਹਾਂ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੀ ਤਿੱਖੇ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ।

ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਵਾਲੀਆਂ ਦੋ ਬੱਸਾਂ ਦੇ ਹਾਦਸਾਗ੍ਰਸਤ ਹੋਣ ਅਤੇ ਇਸ ਵਿੱਚ ਚਾਰ ਸ਼ਰਧਾਲੂਆਂ ਦੀ ਮੌਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬੇਹੱਦ ਦੁੱਖ ਪਹੁੰਚਿਆ ਹੈ। ਉਨ੍ਹਾਂ ਇਸ ਦਰਦਨਾਕ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ ਅਤੇ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਸ਼ਰਧਾਲੂਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਉਹਨਾਂ ਇਸ ਹਾਦਸੇ ਲਈ ਸਿੱਧੇ ਤੌਰ ‘ਤੇ ਪ੍ਰਸ਼ਾਸਨਿਕ ਅਣਗਹਿਲੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਹ ਦੁਖਦਾਈ ਘਟਨਾ ਸ਼ਰਧਾਲੂਆਂ ਨੂੰ ਲਿਜਾਣ ਵਾਲੀਆਂ ਬੱਸਾਂ ਦੀ ਸੁਰੱਖਿਆ ਵਿੱਚ ਵਰਤੀ ਗਈ ਘੋਰ ਲਾਪਰਵਾਹੀ ਦਾ ਨਤੀਜਾ ਹੈ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਰਧਾਲੂਆਂ ਦੀਆਂ ਜਾਨਾਂ ਨੂੰ ਜੋਖ਼ਮ ਵਿੱਚ ਪਾਉਣ ਲਈ ਸੂਬਾ ਸਰਕਾਰ ਨੂੰ ਜਵਾਬਦੇਹ ਹੋਣਾ ਪਵੇਗਾ।

Leave a Reply

Your email address will not be published. Required fields are marked *