ਚੰਡੀਗੜ੍ਹ: ਉੱਤਰੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ 10 ਨਵੰਬਰ ਤੋਂ ਉੱਤਰ-ਪੱਛਮੀ ਹਿਮਾਲਿਆਈ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ। ਇਸ ਦੇ ਅਸਰ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਤੇ ਮੀਂਹ ਦੇ ਨਾਲ-ਨਾਲ ਪੰਜਾਬ ਵਿੱਚ ਵੀ 12 ਤੋਂ 15 ਨਵੰਬਰ ਦਰਮਿਆਨ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਪਹਾੜੀ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ ਜੰਮੂ-ਕਸ਼ਮੀਰ ਅਤੇ ਲੱਦਾਖ: 10 ਅਤੇ 11 ਨਵੰਬਰ ਨੂੰ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 12 ਅਤੇ 13 ਨਵੰਬਰ ਨੂੰ ਕਈ ਇਲਾਕਿਆਂ ਵਿੱਚ ਦਰਮਿਆਨੇ ਤੋਂ ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਆਸਾਰ ਹਨ। ਕਸ਼ਮੀਰ ਵਾਦੀ ਵਿੱਚ 12 ਨਵੰਬਰ ਨੂੰ ਭਾਰੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ ਝੁੱਲ ਸਕਦਾ ਹੈ, ਜਿਸ ਦੀ ਰਫ਼ਤਾਰ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਵੀ ਜਾ ਸਕਦੀ ਹੈ। ਹਿਮਾਚਲ ਪ੍ਰਦੇਸ਼: ਸੂਬੇ ਵਿੱਚ 11 ਤੋਂ 15 ਨਵੰਬਰ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਖ਼ਾਸ ਕਰਕੇ 12 ਅਤੇ 13 ਨਵੰਬਰ ਨੂੰ ਗਰਜ-ਚਮਕ ਨਾਲ ਬਿਜਲੀ ਡਿੱਗਣ ਅਤੇ ਮੌਸਮ ਖ਼ਰਾਬ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰਾਖੰਡ: ਇੱਥੇ 13 ਤੋਂ 15 ਨਵੰਬਰ ਦਰਮਿਆਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਪੰਜਾਬ ‘ਚ ਵੀ ਵਧੇਗੀ ਠੰਢਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਦਾ ਸਿੱਧਾ ਅਸਰ ਪੰਜਾਬ ਦੇ ਮੌਸਮ ’ਤੇ ਵੀ ਦੇਖਣ ਨੂੰ ਮਿਲੇਗਾ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ 12 ਤੋਂ 15 ਨਵੰਬਰ ਤੱਕ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਬਾਰਿਸ਼ ਹੋਣ ਨਾਲ ਹਵਾ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਗਿਰਾਵਟ ਆ ਸਕਦੀ ਹੈ ਅਤੇ ਤਾਪਮਾਨ ਹੇਠਾਂ ਜਾਣ ਨਾਲ ਠੰਢ ਵਿੱਚ ਵਾਧਾ ਹੋਵੇਗਾ। ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ ਵੱਲ ਰੁਖ਼ ਕਰਨ ਵਾਲੇ ਸੈਲਾਨੀਆਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਜਾਣਕਾਰੀ ਲੈਣ ਅਤੇ ਖ਼ਰਾਬ ਮੌਸਮ ਦੌਰਾਨ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। Post navigation Diljit Dosanjh ਦੇ ਇੰਦੌਰ ਕੰਸਰਟ ‘ਚ 4 ਗੀਤ ਗਾਉਣ ‘ਤੇ ਲੱਗੀ ਪਾਬੰਦੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ