ਜਲੰਧਰ, 27 ਸਤੰਬਰ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU University) ਵਿੱਚ ਐਤਵਾਰ ਤੜਕੇ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਬਾਹਰੀ ਵਿਅਕਤੀ ਵੱਲੋਂ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਇੱਕ ਅਸਪੱਸ਼ਟ ਖ਼ਬਰ ਵਾਇਰਲ ਹੋਣ ਮਗਰੋਂ ਕੈਂਪਸ ਵਿੱਚ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ। ਇਸ ਰੋਸ ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਭੰਨਤੋੜ ਕਰਨ ਤੋਂ ਬਾਅਦ ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ’ਤੇ ਜਾਮ ਲਗਾ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਕਰੀਬ 2 ਵਜੇ ਕੁੜੀਆਂ ਦੇ ਹੋਸਟਲ ਨੇੜਿਓਂ ਸ਼ੁਰੂ ਹੋਈ। ਭੜਕੇ ਹੋਏ ਵਿਦਿਆਰਥੀਆਂ ਨੇ ਕੈਂਪਸ ਅੰਦਰ ਜ਼ੋਰਦਾਰ ਹੰਗਾਮਾ ਕਰਦਿਆਂ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਾਇਆ। ਕੈਂਪਸ ਅੰਦਰੋਂ ਕੁੱਝ ਅੱਗਜਣੀ ਕੀਤੇ ਜਾਣ ਦੀ ਵੀ ਸੂਚਨਾ ਮਿਲੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀ ਮੁੱਖ ਗੇਟਾਂ ਤੱਕ ਪਹੁੰਚ ਗਏ ਅਤੇ ਤਡ਼ਕੇ 4 ਵਜੇ ਦੇ ਕਰੀਬ ਮੁੱਖ ਹਾੲੀਵੇਅ ’ਤੇ ਧਰਨਾ ਲਾ ਦਿੱਤਾ ਅਤੇ ਆਵਾਜਾੲੀ ਠੱਪ ਕਰ ਦਿੱਤੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ ਭਾਰੀ ਪੁਲਿਸ ਫ਼ੋਰਸ ਸਮੇਤ ਮੌਕੇ ’ਤੇ ਪਹੁੰਚ ਗਏ। ਐੱਸ.ਐੱਸ.ਪੀ. ਨੇ ਕਿ ਇਹ ਸਾਰਾ ਮਾਮਲਾ ਇੱਕ ਵਾਇਰਲ ਸੁਨੇਹੇ ਕਾਰਨ ਖੜ੍ਹਾ ਹੋਇਆ ਹੈ, ਜਿਸ ਵਿੱਚ ਜਬਰ-ਜਨਾਹ ਦੀ ਅਪੁਸ਼ਟ ਘਟਨਾ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਹੁਣ ਤੱਕ ਇਸ ਗੱਲ ਦੀ ਪੁਸ਼ਟੀ ਕਰਨ ਵਾਲਾ ਕੋਈ ਵੀ ਤੱਥ ਜਾਂ ਸਬੂਤ ਨਹੀਂ ਮਿਲਿਆ ਹੈ ਅਤੇ ਨਾ ਹੀ ਕਿਸੇ ਪਾਸਿਓਂ ਕੋਈ ਅਧਿਕਾਰਤ ਸ਼ਿਕਾਇਤ ਮਿਲੀ ਹੈ। ਪੁਲਿਸ ਅਧਿਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ਾਂਤ ਕਰਨ ਵਿੱਚ ਜੁਟੇ ਹੋਏ ਹਨ ਅਤੇ ਸਥਿਤੀ ਕਾਬੂ ਹੇਠ ਹੈ।

ਇਸ ਦੌਰਾਨ ਯੂਨੀਵਰਸਿਟੀ ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਨੇ ਇੱਕ ਬਿਆਨ ਜਾਰੀ ਕਰਦਿਆਂ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਇਨ੍ਹਾਂ ਖ਼ਬਰਾਂ ਨੂੰ “ਝੂਠੀਆਂ, ਬੇਬੁਨਿਆਦ ਅਤੇ ਮਨਘੜਤ” ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਜਾਣਬੁੱਝ ਕੇ ਫਲਾਈਆਂ ਗਈਆਂ ਅਫ਼ਵਾਹਾਂ ਹਨ ਜਿਨ੍ਹਾਂ ਦਾ ਮਕਸਦ ਸੰਸਥਾ ਦੀ ਸਾਖ ਨੂੰ ਦਾਗਦਾਰ ਕਰਨਾ ਅਤੇ ਵਿਦਿਆਰਥੀਆਂ ਵਿੱਚ ਬੇਲੋੜੀ ਉਲਝਣ ਪੈਦਾ ਕਰਕੇ ਸ਼ਾਂਤਮਈ ਮਾਹੌਲ ਨੂੰ ਵਿਗਾੜਨਾ ਹੈ।

ਯੂਨੀਵਰਸਿਟੀ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਪੁਸ਼ਟ ਜਾਣਕਾਰੀ ’ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਚੈਨਲਾਂ ਰਾਹੀਂ ਮਿਲਣ ਵਾਲੇ ਸੁਨੇਹਿਆਂ ’ਤੇ ਹੀ ਭਰੋਸਾ ਰੱਖਣ। ਫਿਲहाल ਪੁਲਿਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *